ਰਾਸ਼ਟਰਪਤੀ ਚੋਣਾਂ ਲਈ ਟਰੰਪ ਤੋਂ ਸੁਪਰੀਮ ਕੋਰਟ ਨੇ ਹਟਾਈ ਪਾਬੰਦੀ

March 5, 2024 7:28 am
Trump Panjab Pratham News

ਅਮਰੀਕੀ ਸੁਪਰੀਮ ਕੋਰਟ ਨੇ ਡੋਨਾਲਡ ਟਰੰਪ ‘ਤੇ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕੈਪੀਟਲ ਦੰਗਿਆਂ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਵਾਬਦੇਹ ਠਹਿਰਾਉਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ ਹੈ।

ਨਿਊਯਾਰਕ : ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਦੀ ਦੌੜ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਮਰੀਕੀ ਸੁਪਰੀਮ ਕੋਰਟ ਨੇ ਡੋਨਾਲਡ ਟਰੰਪ ‘ਤੇ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਸਿਖਰਲੀ ਅਦਾਲਤ ਨੇ ਪਿਛਲੇ ਸਾਲ ਦਸੰਬਰ ‘ਚ ਵੱਡਾ ਫੈਸਲਾ ਸੁਣਾਉਂਦਿਆਂ ਸਾਬਕਾ ਰਾਸ਼ਟਰਪਤੀ ਟਰੰਪ ਦੇ ਚੋਣ ਲੜਨ ‘ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ ਹੁਣ ਅਮਰੀਕੀ ਸੁਪਰੀਮ ਕੋਰਟ ਨੇ ਉਸ ਫੈਸਲੇ ਨੂੰ ਪਲਟ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰੰਪ ਨੇ ਇਸ ਨੂੰ ਵੱਡੀ ਜਿੱਤ ਦੱਸਿਆ ਹੈ।

ਹੁਣ ਅੱਗੇ ਕੀ ਹੋਵੇਗਾ ?

ਅਮਰੀਕੀ ਸੁਪਰੀਮ ਕੋਰਟ ਨੇ ਕੈਪੀਟਲ (ਸੰਸਦ ਕੰਪਲੈਕਸ) ਦੰਗਿਆਂ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਵਾਬਦੇਹ ਠਹਿਰਾਉਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਟਰੰਪ ਦਾ ਨਾਂ ਪ੍ਰਾਇਮਰੀ ਬੈਲਟ ‘ਤੇ ਨਜ਼ਰ ਆਵੇਗਾ। ਇਸ ਤੋਂ ਪਹਿਲਾਂ ਇੱਕ ਅਦਾਲਤ ਨੇ ਟਰੰਪ ਨੂੰ ਕੋਲੋਰਾਡੋ ਦੇ ਰਿਪਬਲਿਕਨ ਪ੍ਰਾਇਮਰੀ ਵੋਟਿੰਗ ਤੋਂ ਅਯੋਗ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਦੇ ਜੱਜਾਂ ਨੇ ਸਰਬਸੰਮਤੀ ਨਾਲ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਪਲਟ ਦਿੱਤਾ।

ਸਾਬਕਾ ਰਾਸ਼ਟਰਪਤੀ ਟਰੰਪ ਨੂੰ ਇਸ ਹਫਤੇ ਦੇ ਸੁਪਰ ਮੰਗਲਵਾਰ ਵਿਚ ਵੱਡੀ ਗਿਣਤੀ ਵਿਚ ਡੈਲੀਗੇਟਾਂ ਦਾ ਸਮਰਥਨ ਮਿਲਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਸੁਪਰ ਮੰਗਲਵਾਰ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਚੋਣ ਲਈ ਪ੍ਰਾਇਮਰੀ ਚੋਣ ਪ੍ਰਕਿਰਿਆ ਦਾ ਦਿਨ ਹੈ, ਜਦੋਂ ਜ਼ਿਆਦਾਤਰ ਰਾਜਾਂ ਵਿੱਚ ਪ੍ਰਾਇਮਰੀ ਅਤੇ ਕਾਕਸ ਚੋਣਾਂ ਹੁੰਦੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਟਰੰਪ ਨੂੰ ਮੰਗਲਵਾਰ ਨੂੰ ਅਧਿਕਾਰਤ ਤੌਰ ‘ਤੇ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਮਿਲ ਸਕਦੀ ਹੈ।